Tuesday, October 11, 2022

ਵਿਧਾਇਕ ਬੱਗਾ ਤੇ ਭੋਲਾ ਵੱਲੋਂ ਬਹਾਦੁਰ ਕੇ ਰੋਡ ਦਾ ਕੰਮ ਕਰਵਾਇਆ ਸ਼ੁਰੂ

ਲੁਧਿਆਣਾ, 11 ਅਕਤੂਬਰ - ਵਿਧਾਇਕਾਂ ਸ. ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਚੌਧਰੀ ਮਦਨ ਲਾਲ ਬੱਗਾ ਵੱਲੋਂ ਹਲਕਾ ਨਿਵਾਸੀਆਂ ਦੀ ਚਿਰੌਕਣੀ ਮੰਗ ਨੂੰ ਪੂਰੀ ਕਰਦਿਆਂ ਸਥਾਨਕ ਬਹਾਦੁਰ ਕੇ ਰੋਡ ਦਾ ਕੰਮ ਸੁ਼ਰੂ ਕਰਵਾਇਆ ਗਿਆ ਜੋ ਜਲਦ ਮੁਕੰਮਲ ਕਰਕੇ ਲੋਕਾਂ ਦੀ ਆਵਾਜਾਈ ਲਈ ਸਮਰਪਿਤ ਕੀਤਾ ਜਾਵੇਗਾ। ਇਹ ਸੜ੍ਹਕ ਹਲਕਾ ਲੁਧਿਆਣਾ ਉੱਤਰੀ ਅਤੇ ਪੂਰਬੀ ਦੋਵਾਂ ਹਲਕਿਆਂ ਵਿੱਚ ਪੈਂਦੀ ਹੈ ਜੋ ਕਾਫੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਸੀ। ਇਸ ਸੜ੍ਹਕ ਦੇ ਨਿਰਮਾਣ ਨਾਲ ਬਹਾਦੁਰਕੇ ਰੋਡ 'ਤੇ ਉਦਯੋਗਿਕ ਇਕਾਈਆਂ ਤੇ ਵਪਾਰੀ ਵਰਗ ਨੂੰ ਵੱਡੀ ਰਾਹਤ ਮਿਲੇਗੀ।

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਸ. ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਉੱਤਰੀ ਹਲਕੇ  ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੇ ਲੋਕ ਇਸ ਖਸਤਾ ਹਾਲਤ ਸੜ੍ਹਕ ਕਾਰਨ ਪ੍ਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਸੜ੍ਹਕ ਦੇ ਨਿਰਮਾਣ ਨਾਲ ਵਾਹਨਾਂ ਦੀ ਆਵਾਜਾਈ ਸੁਖਾਵੀਂ ਹੋ ਜਾਵੇਗੀ ਤੇ ਵਸਨੀਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇਗਾ ਤਾਂ ਜੋ ਇਸ ਰਸਤੇ ਆਵਾਜਾਈ ਕਰਨ ਵਾਲੇ ਲੱਖਾਂ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੀ ਗੁਣਵੱਤਾ ਅਤੇ ਰਫ਼ਤਾਰ ਨੂੰ ਪਹਿਲ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਉਹ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਵਜੋਂ ਬਿਜਲੀ, ਪਾਣੀ, ਸੀਵਰੇਜ਼, ਆਮ ਆਦਮੀ ਕਲੀਨਿਕ, ਰੋਜ਼ਗਾਰ ਆਦਿ ਸੇਵਾਵਾਂ ਦੇਣ ਲਈ ਵਚਨਬੱਧ ਹਨ।

No comments:

Post a Comment

Popular News