-ਸਾਬਕਾ ਮੰਤਰੀ ਆਸ਼ੂ ਦੇ ਦੋ ਨਿੱਜੀ ਸਹਾਇਕ ਅਤੇ ਡਿਪਟੀ ਡਾਇਰੈਕਟਰ ਆਰ. ਕੇ. ਸਿੰਗਲਾ ਖਿਲਾਫ ਪੀ.ਓ. ਦੀ ਕਾਰਵਾਈ ਸ਼ੁਰੂ
ਚੰਡੀਗੜ੍ਹ, 22 ਨਵੰਬਰ : (Sanjeev Kumar Sharma) --- ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ
ਮੁਹਿੰਮ ਤਹਿਤ ਮੰਗਲਵਾਰ ਨੂੰ ਲੁਧਿਆਣਾ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਵਿੱਚ ਸ਼ਾਮਲ ਦੋ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰਾਂ (ਡੀਐਫਐਸਸੀ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ ਸਮੇਤ ਪੰਕਜ ਕੁਮਾਰ ਉਰਫ ਮੀਨੂ ਮਲਹੋਤਰਾ ਅਤੇ ਇੰਦਰਜੀਤ ਸਿੰਘ ਉਰਫ ਇੰਦੀ, ਦੋਵੇਂ ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਨਿੱਜੀ ਸਹਾਇਕ, ਨੂੰ ਭਗੌੜਾ ਕਰਾਰ ਦੇਣ ਵਿਰੁੱਧ ਅਦਾਲਤੀ ਕਾਰਵਾਈ ਅਰੰਭ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕਾਂ/ਭਾਈਵਾਲਾਂ ਸਮੇਤ ਪੰਜਾਬ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਅਨਾਜ ਮੰਡੀਆਂ ਵਿੱਚ ਲੇਬਰ ਅਤੇ ਢੋਆ-ਢੁਆਈ ਦੇ ਟੈਂਡਰ ਅਲਾਟ ਕਰਨ ਲਈ ਸਬੰਧਤ ਖਰੀਦ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੇ ਵਿਰੁੱਧ ਐਫਆਈਆਰ ਨੰਬਰ 11 ਮਿਤੀ 16-08-2022, ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 12, 13(2) ਤਹਿਤ ਪਹਿਲਾਂ ਹੀ ਕੇਸ ਦਰਜ ਕੀਤਾ ਹੋਇਆ ਹੈ।ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਮੁਲਜ਼ਮ ਤੇਲੂ ਰਾਮ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਕ੍ਰਿਸ਼ਨ ਲਾਲ ਧੋਤੀਵਾਲਾ ਅਤੇ ਅਨਿਲ ਜੈਨ (ਦੋਵੇਂ ਆੜਤੀਏ) ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਅਤੇ ਨਿਆਂਇਕ ਹਿਰਾਸਤ ਵਿੱਚ ਹਨ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ ਅਤੇ ਕ੍ਰਿਸ਼ਨ ਲਾਲ ਵਿਰੁੱਧ ਲੁਧਿਆਣਾ ਦੀ ਸਮਰੱਥ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਦੀ ਤਫਤੀਸ਼ ਦੌਰਾਨ ਵਿਜੀਲੈਂਸ ਬਿਊਰੋ ਨੇ ਅੱਜ ਦੋ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਗਿੱਲ ਤਤਕਾਲੀ ਡੀਐਫਐਸਸੀ ਲੁਧਿਆਣਾ ਪੱਛਮੀ ਅਤੇ ਹਰਵੀਨ ਕੌਰ ਤਤਕਾਲੀ ਡੀਐਫਐਸਸੀ ਲੁਧਿਆਣਾ ਪੂਰਬੀ ਸਨ ਜੋ ਇਸ ਸਮੇਂ ਸੁਖਵਿੰਦਰ ਸਿੰਘ ਗਿੱਲ ਡੀਐਫਐਸਸੀ ਫਰੀਦਕੋਟ ਅਤੇ ਹਰਵੀਨ ਕੌਰ ਡੀਐਫਐਸਸੀ ਜਲੰਧਰ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਉਕਤ ਟੈਂਡਰਾਂ ਦੀ ਅਲਾਟਮੈਂਟ ਸਮੇਂ ਇਹ ਦੋਸ਼ੀ ਜ਼ਿਲ੍ਹਾ ਟੈਂਡਰ ਕਮੇਟੀ ਦੇ ਮੈਂਬਰ/ਕਨਵੀਨਰ ਸਨ। ਉਹ ਕਮੇਟੀ ਦੇ ਹੋਰ ਮੈਂਬਰਾਂ ਦੇ ਨਾਲ ਟੈਂਡਰਾਂ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ ਜ਼ਿੰਮੇਵਾਰ ਸਨ, ਜਿਸ ਵਿੱਚ ਟਰਾਂਸਪੋਰਟ ਵਾਹਨਾਂ ਦੀ ਸੂਚੀ ਵੀ ਸ਼ਾਮਲ ਸੀ ਪਰ ਉਨ੍ਹਾਂ ਨੇ ਜਾਣਬੁੱਝ ਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਤਸਦੀਕ ਨਹੀਂ ਕਰਵਾਈ ਕਿਉਂਕਿ ਵਾਹਨਾਂ ਦੀ ਨੱਥੀ ਸੂਚੀ ਵਿੱਚ ਸਕੂਟਰਾਂ, ਮੋਟਰਸਾਈਕਲਾਂ ਆਦਿ ਦੇ ਨੰਬਰ ਲਿਖੇ ਗਏ ਸਨ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਵੱਲੋਂ ਗਲਤ ਦਸਤਾਵੇਜ਼ ਪੇਸ਼
ਕਰਨ ਦੇ ਬਾਵਜੂਦ ਉਪਰੋਕਤ ਅਧਿਕਾਰੀਆਂ ਨੇ ਆਪਣੇ ਚਹੇਤੇ ਵਿਅਕਤੀਆਂ/ਠੇਕੇਦਾਰਾਂ ਤੋਂ ਰਿਸ਼ਵਤ ਲੈ ਕੇ ਟੈਂਡਰ ਅਲਾਟ ਕਰ ਦਿੱਤੇ। ਬੁਲਾਰੇ ਨੇ ਅੱਗੇ ਦੱਸਿਆ ਕਿ ਤਫਤੀਸ਼ ਅਨੁਸਾਰ ਸੁਖਵਿੰਦਰ ਸਿੰਘ ਡੀਐਫਐਸਸੀ ਨੇ 2 ਲੱਖ ਰੁਪਏ ਅਤੇ ਇੱਕ ਆਈਫੋਨ ਰਿਸ਼ਵਤ ਵਜੋਂ ਲਿਆ ਸੀ ਅਤੇ ਹਰਵੀਨ ਕੌਰ ਡੀਐਫਐਸਸੀ ਨੇ ਮੁਲਜ਼ਮ ਤੇਲੂ ਰਾਮ ਠੇਕੇਦਾਰ ਤੋਂ ਠੇਕੇਦਾਰਾਂ/ਟੈਂਡਰਰਾਂ ਦਾ ਪੱਖ ਪੂਰਨ ਲਈ 3 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਿਉਰੋ ਵੱਲੋਂ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਵਿਜੀਲੈਂਸ ਬਿਊਰੋ ਪੰਜਾਬ
No comments:
Post a Comment