ਅਸ਼ਵਨੀ ਸ਼ਰਮਾ ਨੇ ਵਪਾਰੀਆਂ ਅਤੇ ਆਮ ਲੋਕਾਂ ਨੂੰ ਜਬਰੀ ਵਸੂਲੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਸਬੰਧੀ ਪੰਜਾਬ ਸਰਕਾਰ 'ਤੇ ਸਵਾਲ ਉਠਾਏ।
ਲੁਧਿਆਣਾ 7 ਜਨਵਰੀ - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ਅਤੇ ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਕਤਲਾਂ, ਫਿਰੌਤੀ ਮੰਗਾਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਲੈ ਕੇ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜਦੋਂ ਤੋਂ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਹੁਣ ਤੱਕ ਸੂਬੇ 'ਚ ਬਣੇ ਹਾਲਾਤਾਂ ਦੀ ਜਾਣਕਾਰੀ ਦੇਣ ਲਈ ਪੂਰਾ ਦਿਨ ਬਹੁਤ ਛੋਟਾ ਹੋਵੇਗਾ। ਲੁਧਿਆਣਾ ਵਿੱਚ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੀ ਪ੍ਰਧਾਨਗੀ ਹੇਠ ਹੋਈ ਪ੍ਰੈਸ ਕਾਨਫਰੰਸ ਦੌਰਾਨ ਅਸ਼ਵਨੀ ਸ਼ਰਮਾ ਨੇ ਸਾਰਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਲੋਕ ਡਰ ਦੇ ਸਾਏ ਹੇਠ ਜੀਵਨ ਬਤੀਤ ਕਰ ਰਹੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਉਦਯੋਗਪਤੀਆਂ, ਦੁਕਾਨਦਾਰਾਂ ਆਦਿ ਸਮੇਤ ਲਗਪਗ ਹਰ ਵਿਅਕਤੀ ਨੂੰ ਰੋਜ਼ਾਨਾ ਹੀ ਲੁੱਟ-ਖੋਹ ਦੇ ਫੋਨ ਆ ਰਹੇ ਹਨ। ਇੰਨਾ ਹੀ ਨਹੀਂ, ਹੁਣ ਭਾਜਪਾ ਨੇਤਾਵਾਂ ਅਤੇ ਵਰਕਰਾਂ ਨੂੰ ਸੂਬੇ 'ਚ ਰੋਜ਼ਾਨਾ ਕਿਤੇ ਨਾ ਕਿਤੇ ਸ਼ਹਿਰ ਛੱਡਣ ਜਾਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਮਾਮਲੇ ਵਿੱਚ ਜਦੋਂ ਭਾਜਪਾ ਆਗੂਆਂ ਨੇ ਪੁਲੀਸ ਕਮਿਸ਼ਨਰ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਤਾਂ ਪੁਲੀਸ ਕਮਿਸ਼ਨਰ ਵੱਲੋਂ ਸਮਾਂ ਦਿੱਤੇ ਜਾਣ ’ਤੇ ਵੀ ਉਨ੍ਹਾਂ ਨੇ ਮੁਲਾਕਾਤ ਨਹੀਂ ਕੀਤੀ। ਲੁਧਿਆਣਾ ਦੇ ਭਾਜਪਾ ਮੀਡੀਆ ਹੈੱਡ ਨੂੰ ਲਗਾਤਾਰ ਧਮਕੀਆਂ ਦੇ ਫੋਨ ਆ ਰਹੇ ਹਨ। ਜਲੰਧਰ 'ਚ ਭਾਜਪਾ ਦੇ 10 ਨੇਤਾਵਾਂ ਨੂੰ ਲਗਾਤਾਰ ਧਮਕੀਆਂ ਦੇ ਫੋਨ ਆ ਰਹੇ ਹਨ। ਪੁਲਿਸ ਨੂੰ ਫ਼ੋਨ ਨੰਬਰ ਦੇਣ ਦੇ ਬਾਵਜੂਦ ਅਜੇ ਤੱਕ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਦਾ ਸਾਫ਼ ਮਤਲਬ ਹੈ ਕਿ ਪੰਜਾਬ ਸਰਕਾਰ ਅਤੇ ਪੁਲਿਸ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕਰਨਾ ਚਾਹੁੰਦੀ। ਇਹ ਸਭ ਕੁਝ ਪੰਜਾਬ ਸਰਕਾਰ ਅਤੇ ਪੁਲਿਸ ਆਪਣੇ ਸਿਆਸੀ ਹਿੱਤਾਂ ਲਈ ਹੀ ਕਰ ਰਹੀ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਪੰਜਾਬ ਦੇ ਕਾਲੇ ਦੌਰ ਦੌਰਾਨ ਹਿੰਦੂ-ਸਿੱਖ ਭਾਈਚਾਰਾ ਕਾਇਮ ਰੱਖਣ ਲਈ ਬਹੁਤ ਕੁਰਬਾਨੀਆਂ ਕੀਤੀਆਂ ਹਨ। ਭਗਵੰਤ ਮਾਨ ਸਰਕਾਰ ਹਿੰਦੂ-ਸਿੱਖ ਭਾਈਚਾਰਾ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਸੂਬੇ ਨੂੰ ਇੱਕ ਵਾਰ ਫਿਰ ਉਸੇ ਕਾਲੇ ਦੌਰ ਵਿੱਚ ਧੱਕਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਭਾਰਤੀ ਜਨਤਾ ਪਾਰਟੀ ਅਜਿਹਾ ਨਹੀਂ ਹੋਣ ਦੇਵੇਗੀ। ਭਾਜਪਾ ਵਰਕਰ ਅਜਿਹੀਆਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਵੱਖਵਾਦੀ ਤਾਕਤਾਂ ਦਾ ਪਸਾਰ ਵੀ ਦਿਨੋਂ ਦਿਨ ਵੱਧ ਰਿਹਾ ਹੈ। ਇਹ ਵੱਖਵਾਦੀ ਤਾਕਤਾਂ ਅਤੇ ਦੇਸ਼ ਵਿਰੋਧੀ ਅਨਸਰ ਪੰਜਾਬ ਸਰਕਾਰ ਨੂੰ ਵੀ ਖੁੱਲ੍ਹੀ ਚੁਣੌਤੀ ਦੇ ਰਹੇ ਹਨ ਅਤੇ ਸੂਬੇ ਵਿੱਚ ਹਰ ਰੋਜ਼ ਕਿਤੇ ਨਾ ਕਿਤੇ ਆਪਣੀ ਹੋਂਦ ਦਾ ਸਬੂਤ ਵੀ ਦੇ ਰਹੇ ਹਨ। ਵਿਦੇਸ਼ 'ਚ ਬੈਠੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਮੀਡੀਆ ਸਾਹਮਣੇ ਜਨਤਕ ਤੌਰ 'ਤੇ ਆ ਕੇ ਪੰਜਾਬ 'ਚ ਵਾਪਰ ਰਹੀਆਂ ਘਟਨਾਵਾਂ 'ਚ ਆਪਣਾ ਸਪੱਸ਼ਟ ਹੱਥ ਹੋਣ ਦੀ ਗੱਲ ਆਖੀ ਹੈ ਅਤੇ ਪੰਜਾਬ 'ਚ ਸਰਕਾਰ ਬਣਾਉਣ 'ਚ ਆਮ ਆਦਮੀ ਪਾਰਟੀ ਦੀ ਮਦਦ ਕੀਤੀ ਹੈ ਅਤੇ ਹੁਣ ਉਸ ਦਾ ਏਜੰਡਾ ਲਾਗੂ ਕੀਤਾ ਜਾਣਾ ਚਾਹੀਦਾ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਜਾਂ ਉਨ੍ਹਾਂ ਦਾ ਕੋਈ ਆਗੂ ਜਾਂ ਬੁਲਾਰਾ ਇਸ ਮਾਮਲੇ ਵਿੱਚ ਇੱਕ ਸ਼ਬਦ ਵੀ ਨਹੀਂ ਬੋਲਦਾ। ਇਸ ਦਾ ਸਾਫ਼ ਮਤਲਬ ਹੈ ਕਿ ਭਗਵੰਤ ਮਾਨ ਸਰਕਾਰ ਦੀ ਸੋਚ ਅਤੇ ਪੰਨੂ ਦਾ ਏਜੰਡਾ ਇੱਕੋ ਹੈ ਅਤੇ 'ਆਪ' ਸਰਕਾਰ ਪੰਨੂ ਦੇ ਏਜੰਡੇ 'ਤੇ ਕੰਮ ਕਰ ਰਹੀ ਹੈ। ਸ਼ਰਮਾ ਨੇ ਕਿਹਾ ਕਿ ਇਸ ਸਭ ਦਾ ਜਵਾਬ ਭਗਵੰਤ ਮਾਨ ਨੂੰ ਦੇਣਾ ਪਵੇਗਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਵਰਕਰ
ਪੰਜਾਬ ਸਰਕਾਰ ਅਤੇ ਪੁਲਿਸ ਦੇ ਅਜਿਹੇ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ ਹਨ। ਜੇਕਰ ਅਸੀਂ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਸੜਕਾਂ 'ਤੇ ਉਤਰਨਾ ਹੈ ਤਾਂ ਭਾਜਪਾ ਲੋਕਾਂ ਨੂੰ ਨਾਲ ਲੈ ਕੇ ਸੜਕਾਂ 'ਤੇ ਉਤਰਨ ਤੋਂ ਪਿੱਛੇ ਨਹੀਂ ਹਟੇਗੀ। ਇਸ ਮੌਕੇ ਉਨ੍ਹਾਂ ਨਾਲ ਮੰਚ 'ਤੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਰਾਜੇਸ਼ ਬਾਘਾ, ਬਿਕਰਮਜੀਤ ਸਿੰਘ ਚੀਮਾ, ਖਜ਼ਾਨਚੀ ਗੁਰਦੇਵ ਸ਼ਰਮਾ ਦੇਵੀ, ਸੂਬਾ ਬੁਲਾਰੇ ਅਨਿਲ ਸਰੀਨ, ਮੀਡੀਆ ਸਕੱਤਰ ਡਾ: ਸਤੀਸ਼ ਕੁਮਾਰ, ਸੁਮਿਤ ਟੰਡਨ, ਹਰਸ਼ ਸਰੀਨ ਆਦਿ ਵੀ ਹਾਜ਼ਰ ਸਨ |
No comments:
Post a Comment