Friday, February 3, 2023

ਜਲ ਸਪਲਾਈ ਵਿਭਾਗ ਵਲੋਂ ਪਾਣੀ ਦੀ ਸਪਲਾਈ ਤੇ ਸਵੱਛਤਾ ਸਬੰਧੀ ਸਮੱਸਿਆ ਲਈ ਟੋਲ ਫਰੀ ਨੰਬਰ ਜਾਰੀ, ਘਰ-ਘਰ ਜਾ ਕੇ ਸੁਣੀਆਂ ਜਾਣਗੀਆਂ ਪਿੰਡਾਂ ਦੇ ਵਸਨੀਕਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਸਮੱਸਿਆਵਾਂ, ਮੌਕੇ 'ਤੇ ਹੀ ਕੀਤਾ ਜਾਵੇਗਾ ਨਿਪਟਾਰਾ – ਇੰਜੀ: ਮਨਦੀਪ ਸਿੰਘ

ਲੁਧਿਆਣਾ, 03 ਫਰਵਰੀ - ਜ਼ਿਲ੍ਹਾ ਲੁਧਿਆਣਾ ਦੇ ਪਿੰਡਾਂ ਦੇ ਵਸਨੀਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸਦੇ ਤਹਿਤ ਪਿੰਡਾਂ ਵਿੱਚ ਸੁ਼ੱਧ ਪੀਣ ਵਾਲੇ ਪਾਣੀ ਅਤੇ ਸਵੱਛਤਾ ਸਬੰਧੀ ਜੇਕਰ ਕਿਸੇ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਜਲ ਸਪਲਾਈ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ। ਇਸ ਸਬੰਧੀ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਡਲ ਨੰਬਰ 2 ਦੇ ਕਾਰਜ਼ਕਾਰੀ ਇੰਜੀਨੀਅਰ ਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਟੀਚਾ ਹੈ ਕਿ ਹਰੇਕ ਪਿੰਡ ਵਾਸੀ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਅਧੀਨ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸਵੱਛਤਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਲਈ ਟੋਲ ਫਰੀ ਨੰਬਰ 1800-180-2468 'ਤੇ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਈਮੇਲ dwsssnkhelpdesk@gmail.com 'ਤੇ ਵੀ ਜਾਣਕਾਰੀ ਸਾਂਝੀ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਵਿਭਾਗ ਦੀ ਵੈਬਸਾਈਟ www.dwss.punjab.gov.in  ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਸ
ਸਬੰਧੀ ਪਿੰਡਾਂ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਮੌਕੇ 'ਤੇ ਹੀ ਨਿਪਟਾਰਾ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਸੂਬੇ ਭਰ ਵਿੱਚ 31 ਟੈਸਟਿੰਗ ਲੈਬਾਂ ਦੀ ਸਥਾਪਨਾ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 1 ਰਾਜ ਪੱਧਰੀ, 6 ਖੇਤਰ ਪੱਧਰੀ, 17 ਜ਼ਿਲ੍ਹਾ ਪੱਧਰੀ ਅਤੇ 7 ਬਲਾਕ ਪੱਧਰ 'ਤੇ ਸਥਾਪਤ ਕੀਤੀਆਂ ਗਈ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਲ ਸਪਲਾਈ ਵਿਭਾਗ, ਪੀਣ ਵਾਲੇ ਪਾਣੀ ਦੀ ਗੁਣਵੱਤਾ ਲਈ ਬੇਹੱਦ ਸੰਵੇਦਨਸ਼ੀਲ ਹੈ ਅਤੇ ਲੋਕਾਂ ਨੂੰ ਸਾਫ ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

No comments:

Post a Comment

Popular News