Friday, March 10, 2023

ਵਿਧਾਇਕ ਸਿੱਧੂ ਵਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਮੁਹੱਲਾ ਕਲੀਨਿਕਾਂ ਦੇ ਨਾਲ ਡਰੱਗ ਸਟੋਰ ਖੋਲ੍ਹਣ ਦੀ ਅਪੀਲ

ਲੁਧਿਆਣਾ, 10 ਮਾਰਚ - ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਬੀਤੇ ਕੱਲ੍ਹ ਵਿਧਾਨ ਸਭਾ ਸੈਸ਼ਨ ਦੌਰਾਨ ਮੁਹੱਲਾ ਕਲੀਨਿਕਾਂ ਦੇ ਨਾਲ-ਨਾਲ ਡਰੱਗ ਸਟੋਰ ਖੋਲ੍ਹਣ ਦੀ ਵੀ ਅਪੀਲ ਕੀਤੀ ਗਈ ਤਾਂ ਜੋ ਵਸਨੀਕਾਂ ਨੂੰ ਸਸਤੀਆਂ ਦਵਾਈਆਂ ਦਾ ਲਾਭ ਮਿਲ ਸਕੇ। ਵਿਧਾਇਕ ਸਿੱਧੂ ਵਲੋਂ, ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦ ਕੇਜ਼ਰੀਵਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਮੁਹੱਲਾ ਕਲੀਨਿਕਾਂ ਦੀ ਖੋਜ ਕਰਕੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਪੰਜਾਬ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੰਜਾਬ ਭਰ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਵਿਧਾਇਕ ਸਿੱਧੂ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਅਤੇ ਉਨ੍ਹਾਂ ਵਲੋਂ ਖੋਲ੍ਹੇ ਗਏ ਮੈਡੀਕਲ ਸਟੋਰਾਂ 'ਤੇ ਗਰੀਬ ਲੋਕਾਂ ਦਾ ਆਰਥਿਕ ਪੱਖੋਂ ਸੋਸ਼ਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਕਲੀਨਿਕਾਂ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਮੈਡੀਕਲ ਸਟੋਰ ਵੀ ਖੋਲ੍ਹ ਦਿੱਤੇ ਜਾਂਦੇ ਹਨ ਤਾਂ ਗਰੀਬ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਉਹ ਉੱਥੋਂ ਚੰਗੀਆਂ ਤੇ ਸਸਤੀਆਂ ਦਵਾਈਆਂ ਖਰੀਦ ਸਕਣਗੇ। ਵਿਧਾਇਕ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

No comments:

Post a Comment